ਅੰਮ੍ਰਿਤਸਰ, 21 ਜੂਨ – ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਜੀ ਦਾ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਨੈਸ਼ਨਲ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਸਰਦਾਰ ਇਕਬਾਲ ਸਿੰਘ ਲਾਲਪੁਰਾ, ਸੰਸਦ ਮੈਂਬਰ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੌਮੀ ਸਕੱਤਰ ਸ੍ਰੀ ਨਰਿੰਦਰ ਰੈਣਾ ਵੀ ਹਾਜ਼ਰ ਸਨ।
ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਸ੍ਰੀ ਨਿਤਿਨ ਨਬੀਨ ਜੀ ਨੂੰ ਸਿੱਖ ਪਰੰਪਰਾਵਾਂ ਅਨੁਸਾਰ ਕਿਰਪਾਨ, ਸ਼ਾਲ, ਸਿਰੋਪਾਓ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਇੱਕ ਪੁਸਤਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਜਸਵਿੰਦਰ ਸਿੰਘ ਢਿੱਲੋਂ, ਜੋ ਕਿ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਨ, ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਕੰਮ ਕਰਨਾ ਹੈ ਅਤੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਵੰਡਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਸਾਂਝੇ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਗਲੋਬਲ ਪੰਜਾਬੀ ਐਸੋਸੀਏਸ਼ਨ ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਉਹੀ ਮਿਸ਼ਨ ਹੈ ਜਿਸ ਨੂੰ 1967 ਤੋਂ ਬਾਅਦ ਬਣੀਆਂ ਗੈਰ-ਕਾਂਗਰਸੀ ਸਰਕਾਰਾਂ ਨੇ ਵੀ ਰਾਸ਼ਟਰੀ ਏਕਤਾ ਅਤੇ ਸਮਾਜਿਕ ਸਦਭਾਵਨਾ ਦੇ ਮੱਦੇਨਜ਼ਰ ਅੱਗੇ ਵਧਾਉਣ ਦਾ ਯਤਨ ਕੀਤਾ। ਸੰਸਥਾ ਦਾ ਮੰਨਣਾ ਹੈ ਕਿ ਪੰਜਾਬ ਦੀ ਤਰੱਕੀ, ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਲਈ ਹਿੰਦੂ-ਸਿੱਖ ਏਕਤਾ ਅਤੇ ਪੰਜਾਬੀ ਭਾਈਚਾਰੇ ਦੀ ਸਾਂਝੀ ਵਿਰਾਸਤ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਆਗੂਆਂ ਵਿੱਚ ਸ੍ਰੀ ਰਮਨ ਗੁਪਤਾ, ਸ਼੍ਹੀ ਤਰਸੇਮ ਸੈਣੀ , ਸ਼੍ਹੀ ਕਪੂਰ, ਸਰਦਾਰ ਦਲਜੀਤ ਸਿੰਘ ਕੋਹਲੀ ,ਸਰਦਾਰ ਕੁਲਦੀਪ ਸਿੰਘ ਕਾਹਲੋਂ, ਸਰਦਾਰ ਬਲਜਿੰਦਰ ਸਿੰਘ ਦਕੋਹਾ ,ਸਰਦਾਰ ਹਰਭਜਨ ਸਿੰਘ ਗਰੋਵਰ ਅਤੇ ਹੋਰ ਪਤਵੰਤੇ ਮੈਂਬਰ ਵੀ ਹਾਜ਼ਰ ਸਨ। ਉਨ੍ਹਾਂ ਸ੍ਰੀ ਨਿਤਿਨ ਨਬੀਨ ਜੀ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਦੇ ਵਿਕਾਸ, ਸਮਾਜਿਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਲਈ ਕੇਂਦਰ ਅਤੇ ਰਾਜ ਪੱਧਰ ’ਤੇ ਹੋਰ ਮਜ਼ਬੂਤ ਯਤਨ ਕੀਤੇ ਜਾਣਗੇ।








